ਵਿਧਾਇਕ ਬੱਗਾ ਵੱਲੋਂ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨਾਲ ਮੀਟਿੰਗ
– ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ – ਵਿਧਾਇਕ ਮਦਨ ਲਾਲ ਬੱਗਾ
ਲੁਧਿਆਣਾ (ਮੋਹਣ ਸਿੰਘ) -ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਮਲੇ ਨਾਲ ਮੀਟਿੰਗ ਕੀਤੀ ਗਈ ਜਿੱਥੇ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।
ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਦੇ ਚੀਫ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਤੋਂ ਇਲਾਵਾ ਵੱਖ-ਵੱਖ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ। ਖ਼ਾਸ ਕਰਕੇ ਐਲਡੀਕੋ ਕਲੋਨੀ ਦੀਆਂ ਮੁਸ਼ਕਿਲਾਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਹਲਕਾ ਉੱਤਰੀ ਵਿੱਚ ਪੈਂਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਉਨ੍ਹਾਂ ਦਾ ਜਲਦ ਢੁੱਕਵਾਂ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਪੀ.ਪੀ.ਸੀ.ਬੀ. ਦੇ ਚੀਫ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਵੱਲੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਕਿ ਲੋਕਾਂ ਦਾ ਕੰਮ ਤੁਰੰਤ ਕੀਤਾ ਜਾਵੇ ਤਾਂ ਜੋ ਆਮ ਜਨਤਾ ਖੱਜਲ ਖੁਆਰੀ ਤੋਂ ਬਚ ਸਕੇ।